Wednesday, February 20, 2013

ਸਿੱਖ ਕਤਲੇਆਮ ਨਾਲ ਸਬੰਧਤ 485 ਤੋਂ ਵੱਧ ਕੇਸ ਬੰਦ (485 Cases related to Sikh Genocide were closed)


ਚੰਡੀਗੜ੍ਹ,17 ਫਰਵਰੀ
ਨਵੰਬਰ 1984 ਦੇ ਦਿੱਲੀ ਸਿੱਖ ਕਤਲੇਆਮ ਨਾਲ ਸਬੰਧਤ ਅਦਾਲਤ ‘ਚ ਸੁਣਵਾਈ ਅਧੀਨ ਇੱਕ ਕੇਸ ਦੀ 28 ਸਾਲਾਂ ਬਾਅਦ ਵੀ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ । ਪੁਲੀਸ ਵੱਲੋਂ ਕੇਸ ਦੀ ਚਾਰਜਸ਼ੀਟ 1992 ਵਿੱਚ ਤਿਆਰ ਕਰ ਲਈ ਗਈ ਸੀ ਅਤੇ ਇਸ ‘ਤੇ ਸਹਾਇਕ ਪੁਲੀਸ ਕਮਿਸ਼ਨਰ ਦੇ ਦਸਖ਼ਤ ਵੀ ਹੋ ਗਏ ਸਨ। ਉੱਘੇ ਵਕੀਲ ਐਚ ਐਸ ਫੂਲਕਾ ਨੇ ਦੋਸ਼ ਲਾਇਆ ਹੈ ਕਿ ਪੁਲੀਸ ਨੇ ਸਿਆਸੀ ਦਬਾਅ ਕਾਰਨ ਚਾਰਜਸ਼ੀਟ ਅਜੇ ਤੱਕ ਰੋਕੀ ਹੋਈ ਹੈ ਅਤੇ ਕੇਸ ਵਿੱਚ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਮੁਲਜ਼ਮ ਹੈ।
ਵਕੀਲ ਫੂਲਕਾ ਦਾ ਦੱਸਣਾ ਹੈ ਕਿ ਦਿੱਲੀ ਦੇ ਇੱਕ ਇਲਾਕੇ ਨਿਗਲੋਈ ਵਿੱਚ ਤਿੰਨ ਨਵੰਬਰ 1984 ਨੂੰ ਪੰਜ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਹਮਲਾਵਰਾਂ ਦੀ ਅਗਵਾਈ ਸੱਜਣ ਕੁਮਾਰ ਕਰ ਰਿਹਾ ਸੀ। ਸ਼੍ਰੀ ਫੂਲਕਾ ਜਿਹੜੇ ਕਿ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ਲੋਕਾਂ ਨੂੰ ਇੱਥੇ ਮਿਲਣ ਲਈ ਆਏ ਹੋਏ ਸਨ ਨੇ ਦੱਸਿਆ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਉੱਤੇ ਤਿੰਨ ਸਿੱਖਾਂ ਨੂੰ ਕਤਲ ਕਰਨ ਦੇ ਲੱਗਦੇ ਦੋਸ਼ਾਂ ਦਾ ਸੁਣਵਾਈ ਅਧੀਨ ਕੇਸ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਨੂੰ ਬੰਦ ਕਰਨ ਦੀ ਸਿਫਾਰਸ਼ ਸੀ ਬੀ ਆਈ ਵੱਲੋਂ ਕੀਤੀ ਗਈ ਸੀ ਅਤੇ ਉਨਾਂ੍ਹ ਨੇ ਕੇਸ ਦੁਬਾਰਾ ਤੋਂ ਚਾਲੂ ਕਰਨ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅਰਜ਼ੀ ਉੱਤੇ ਬਹਿਸ 19 ਫਰਵਰੀ ਲਈ ਮੁਕਰਰ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਦਾਲਤ ਤੋਂ ਗਵਾਹਾਂ ਦੇ ਬਿਆਨ ਲੈਣ ਦੀ ਮੰਗ ਕੀਤੀ ਹੈ ਅਤੇ ਵਿਦੇਸ਼ਂ ਵਸਦੇ ਤਿੰਨੋਂ ਗਵਾਹ ਰੇਸ਼ਮ ਸਿੰਘ, ਚੰਚਲ ਸਿੰਘ ਅਤੇ ਆਲਮ ਸਿੰਘ ਆਪਣੇ ਬਿਆਨ ਦਰਜ ਕਰਾਉਣ ਦੀ ਇੱਛਾ ਵੀ ਪ੍ਰਗਟ ਕਰ ਚੁੱਕੇ ਹਨ। ਇਹ ਕੇਸ ਦਿੱਲੀ ਦੀ ਵਧੀਕ ਸ਼ੈਸ਼ਨ ਜੱਜ ਅਨੁਰਾਧਾ ਸ਼ੁਕਲਾ ਦੀ ਅਦਲਾਤ ਵਿੱਚ ਚੱਲ ਰਿਹਾ ਹੈ। ਕਤਲੇਆਮ ਦੀ ਐਫ ਆਈ ਆਰ ਸੈਂਟਰਲ ਥਾਣਾ ਦਿੱਲੀ ‘ਚ ਦਰਜ ਕੀਤੀ ਗਈ ਸੀ।
ਨਵੰਬਰ 1984 ਦੇ ਕਤਲੇਆਮ ਨਾਲ ਸਬੰਧਤ ਕੇਸਾਂ ਬਾਰੇ ਇੱਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਵਕੀਲ ਫੂਲਕਾ ਨੇ ਕਿਹਾ ਕਿ ਅਜੇ ਤਕ ਕੇਵਲ ਦਸ ਮੁਲਜ਼ਮਾਂ ਨੂੰ ਹੱਤਿਆ ਦੇ ਦੋਸ਼ਾਂ ‘ਚ ਸਜ਼ਾ ਹੋਈ ਹੈ ਅਤੇ 485 ਦੇ ਕਰੀਬ ਕੇਸ ਬੰਦ ਕਰ ਦਿੱਤੇ ਗਏ ਹਨ। ਅਦਾਲਤ ਵੱਲੋਂ ਇਹ ਕੇਸ ਸੁਣਵਾਈ ਲਈ ਲੈ ਲਏ ਗਏ ਸਨ ਪਰ ਸਬੂਤਾਂ ਦੀ ਘਾਟ ਕਾਰਨ ਬੰਦ ਕਰ ਦਿੱਤੇ ਗਏ ਅਤੇ ਮੁਲਜ਼ਮ ਬਰੀ ਹੋ ਗਏ ਹਨ। ਇੱਕ ਸੌ ਤੋਂ ਵੱਧ ਕੇਸ ਅਜਿਹੇ ਹਨ ਜਿਨਾਂ ਵਿੱਚ ਗਵਾਹੀਆਂ ਨਹੀਂ ਲਈਆਂ ਗਈਆਂ ਹਨ। ਉਨਾਂ੍ਹ ਦਾ ਇਹ ਵੀ ਦੱਸਣਾ ਹੈ ਕਿ ਕੇਵਲ ਪੰਜ ਕੇਸ ਸੁਣਵਾਈ ਅਧੀਨ ਹਨ। ਇਸ ਤੋਂ ਬਿਨਾਂ ਦਿੱਲੀ ਹਾਈ ਕੋਰਟ ਵਿੱਚ ਛੇ ਦਰਜਨ ਤੋਂ ਵੱਧ ਅਪੀਲਾਂ ਲਮਕੀਆਂ ਪਈਆਂ ਹਨ। ਉਨਾਂ੍ਹ ਨੇ ਦੱਸਿਆ ਕਿ ਅਦਾਲਤ ਵਿੱਚ ਚੱਲ ਰਹੇ ਪੰਜ ਕੇਸਾਂ ਦੀ ਪੈਰਵੀ ਨਾਮਵਰ ਵਕੀਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕਈ ਕੇਸ ਨਾਨਾਵਤੀ ਕਮਿਸ਼ਨ ਦੀ ਸਿਫਾਰਸ਼ ‘ਤੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਤੋਂ ਪਹਿਲਾਂ ਦੇ ਨੌ ਵੱਖ ਵੱਖ ਜਾਂਚ ਕਮਿਸ਼ਨਾਂ ਦੀਆਂ ਸਿਫਾਰਸ਼ਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਾਲਤੀ ਕੇਸਾਂ ਦੀ ਪੈਰਵੀ ਲਈ ਮਦਦ ਕੀਤੀ ਜਾ ਰਹੀ ਹੈ ਜਦੋਂ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਢਾਈ ਸਾਲ ਪਹਿਲਾਂ ਹੱਥ ਪਿੱਛੇ ਖਿੱਚ ਲਿਆ ਸੀ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਸਟਮ ਉੱਤੇ ਜਲਦ ਇੰਨਸਾਫ਼ ਵਾਸਤੇ ਦਬਾਅ ਪਾਉਣ।

ਮੱਧ ਪ੍ਰਦੇਸ਼ ‘ਚ ਸਿੱਖਾਂ ‘ਤੇ ਧਰਮ ਛੱਡਣ ਲਈ ਕੀਤੇ ਜਾ ਰਹੇ ਨੇ ਅੱਤਿਆਚਾਰ


  •  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ
ਚੰਡੀਗੜ੍ਹ, 18 ਫ਼ਰਵਰੀ
ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਅਸ਼ੋਕਨਗਰ ਦੇ ਪਿੰਡਾਂ ਵਿਚ ਅਖੌਤੀ ਉਚ ਜਾਤੀ ਲੋਕਾਂ ਵਲੋਂ ਗਰੀਬ ਸਿੱਖਾਂ ‘ਤੇ ਅਣਮਨੁੱਖੀ ਅੱਤਿਆਚਾਰ ਕੀਤੇ ਜਾ ਰਹੇ ਹਨ। ਇਨ੍ਹਾਂ ਸਿੱਖ ਭਾਈਚਾਰੇ ਦੇ ਲੋਕਾਂ ਦੇ ਖੇਤਾਂ ਦਾ ਪਾਣੀ ਤੱਕ ਰੋਕਿਆ ਜਾ ਰਿਹਾ ਹੈ ਅਤੇ ਇਹ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜੇਕਰ ਉਨ੍ਹਾਂ ਨੇ ਖੇਤਾਂ ਨੂੰ ਪਾਣੀ ਲਗਾਉਣਾ ਹੈ ਤਾਂ ਕੇਸ-ਦਾੜ੍ਹੀ ਕਤਲ ਕਰਵਾ ਲੈਣ। ਇਹ ਖੁਲਾਸਾ ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਲਾਇਰਸ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਨ ਦੇ ਚੰਡੀਗੜ੍ਹ ਇਕਾਈ ਪ੍ਰਧਾਨ ਐਡਵੋਕੇਟ ਤੇਜਿੰਦਰ ਸਿੰਘ ਸੂਦਨ ਨੇ ਸਾਂਝੇ ਤੌਰ ‘ਤੇ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਇਕ ਵਿਸਥਾਰਿਤ ਸ਼ਿਕਾਇਤ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜ ਕੇ ਮੱਧ ਪ੍ਰਦੇਸ਼ ਵਿਚ ਉਚ ਜਾਤੀ ਦੇ ਲੋਕਾਂ ਵਲੋਂ ਗਰੀਬ ਸਿੱਖਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਉਚ ਪੱਧਰੀ ਜਾਂਚ ਕਰਵਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਸ. ਪੀਰਮੁਹੰਮਦ ਅਤੇ ਐਡਵੋਕੇਟ ਸੂਦਨ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿਚ ਅਖੌਤੀ ਉਚ ਜਾਤੀ ਦੇ ਲੋਕਾਂ ਵਲੋਂ ਅਖੌਤੀ ਸ਼ੂਦਰ ਆਖੀਆਂ ਜਾਣ ਵਾਲੀਆਂ ਜਾਤੀਆਂ ਨਾਲ ਸਬੰਧਤ ਅੰਮ੍ਰਿਤਧਾਰੀ ਸਿੰਘ ਸਜੇ ਲੋਕਾਂ ਨੂੰ ਪਹਿਲਾਂ ਸਿੱਖ ਧਰਮ ਛੱਡਣ ਲਈ ਹਰ ਤਰ੍ਹਾਂ ਦੇ ਲੋਭ-ਲਾਲਚ ਦਿੱਤੇ ਜਾ ਰਹੇ ਹਨ ਅਤੇ ਫ਼ਿਰ ਪੁਲਿਸ ਪ੍ਰਸ਼ਾਸਨ ਅਤੇ ਸੱਤਾਧਾਰੀ ਸਿਆਸੀ ਆਗੂਆਂ ਦੀ ਮਦਦ ਨਾਲ ਉਨ੍ਹਾਂ ਨੂੰ ਸਿੱਖ ਧਰਮ ਛੱਡਣ ਲਈ ਡਰਾਵੇ ਅਤੇ ਧਮਕੀਆਂ ਦਿੱਤੀਆਂ ਜਾਂਦੀਆਂ ਅਤੇ ਅੱਤਿਆਚਾਰਾਂ ਦੇ ਸ਼ਿਕਾਰ ਬਣਾਇਆ ਜਾ ਰਿਹਾ ਹੈ।
ਮੱਧ-ਪ੍ਰਦੇਸ਼ ਦਾ ਇਕ ਅੰਮ੍ਰਿਤਧਾਰੀ ਪਰਵਾਰ
ਮੱਧ-ਪ੍ਰਦੇਸ਼ ਦਾ ਇਕ ਅੰਮ੍ਰਿਤਧਾਰੀ ਪਰਵਾਰ
ਅਜਿਹੀ ਇਕ ਘਟਨਾ ਸ਼ੁੱਕਰਵਾਰ 15 ਫ਼ਰਵਰੀ ਨੂੰ ਮੱਧ ਪ੍ਰਦੇਸ਼ ਦੇ ਪਿੰਡ ਮਥਾਣਾ, ਥਾਣਾ ਬਹਾਦਰਪੁਰ, ਤਹਿਸੀਲ ਮੰਗੋਲੀ, ਜ਼ਿਲ੍ਹਾ ਅਸ਼ੋਕਨਗਰ ਵਿਖੇ ਵਾਪਰੀ ਹੈ। ਨੀਲਮ ਸਿੰਘ ਪੁੱਤਰ ਪੰਨੂ ਸਿੰਘ ਅਤੇ ਨੀਲਮ ਸਿੰਘ ਦੀ ਪਤਨੀ ਸਵਿਤਾ ਕੌਰ ਦੀ ਪਿੰਡ ਦੇ ਉਚ ਜਾਤੀ ਦੇ ਯਾਦਵਾਂ ਵਲੋਂ ਉਨ੍ਹਾਂ ਦੇ ਘਰ ‘ਤੇ ਹਮਲਾ ਕਰਕੇ ਕੁੱਟਮਾਰ ਕੀਤੀ ਗਈ ਅਤੇ ਸਿੱਖ ਧਰਮ ਛੱਡਣ ਜਾਂ ਜਾਨ-ਮਾਲ ਦੇ ਨੁਕਸਾਨ ਲਈ ਤਿਆਰ ਰਹਿਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਹਮਲਾਵਰਾਂ ਵਲੋਂ ਸਾਰਾ ਦਿਨ ਸੜਕ ‘ਤੇ ਆਪਣੇ ਹਥਿਆਰਬੰਦ ਸਾਥੀਆਂ ਸਮੇਤ ਨਾਕਾ ਲਗਾ ਕੇ ਪੀੜਤ ਪਤੀ-ਪਤਨੀ ਨੂੰ ਸ਼ਿਕਾਇਤ ਲੈ ਕੇ ਥਾਣੇ ਵੀ ਨਹੀਂ ਜਾਣ ਦਿੱਤਾ ਗਿਆ।
ਸ. ਪੀਰਮੁਹੰਮਦ ਅਤੇ ਐਡਵੋਕੇਟ ਸੂਦਨ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ ਇਲਾਕੇ ਦੇ ਕੁਝ ਸਿੱਖ ਪਤਵੰਤੇ ਪੁਲਿਸ ਥਾਣਾ ਬਹਾਦਰਪੁਰ ਵਿਖੇ ਨੀਲਮ ਸਿੰਘ ਅਤੇ ਉਸ ਦੀ ਪਤਨੀ ਸਵਿਤਾ ਕੌਰ ਨਾਲ ਪਿੰਡ ਦੇ ਯਾਦਵਾਂ ਵਲੋਂ ਕੀਤੀ ਕੁੱਟਮਾਰ ਦੀ ਸ਼ਿਕਾਇਤ ਲੈ ਕੇ ਗਏ ਤਾਂ ਪੁਲਿਸ ਦੇ ਥਾਣੇਦਾਰ, ਜਿਹੜਾ ਖੁਦ ਯਾਦਵ ਹੋਣ ਕਰਕੇ ਦੋਸ਼ੀ ਯਾਦਵਾਂ ਦੀ ਮਦਦ ਕਰ ਰਿਹਾ ਸੀ, ਨੇ ਉਲਟਾ ਦੋ ਸਿੱਖਾਂ, ਅਵਤਾਰ ਸਿੰਘ ਅਤੇ ਗੰਗਾ ਸਿੰਘ, ਜੋ ਮਥਾਣਾ ਪਿੰਡ ਦੇ ਹੀ ਰਹਿਣ ਵਾਲੇ ਹਨ, ਨੂੰ ਹੀ ਗ੍ਰਿਫ਼ਤਾਰ ਕਰ ਲਿਆ ਜੋ ਬਾਅਦ ਵਿਚ ਸਿੱਖ ਆਗੂਆਂ ਦੇ ਦਖ਼ਲ ਨਾਲ ਰਿਹਾਅ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਅਖੌਤੀ ਉਚ ਜਾਤੀ ਦੇ ਲੋਕਾਂ ਵਲੋਂ ਗਰੀਬ ਸਿੱਖਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਵਿਚ ਪੁਲਿਸ ਪ੍ਰਸ਼ਾਸਨ ਅਤੇ ਹਲਕੇ ਦੇ ਸਿਆਸੀ ਨੁਮਾਇੰਦਿਆਂ ਦੀ ਵੀ ਪੂਰੀ ਮਿਲੀਭੁਗਤ ਅਤੇ ਸਰਪ੍ਰਸਤੀ ਹੈ।
ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੇ ਪੱਤਰ ਵਿਚ ਇਸ ਘਟਨਾ ਨੂੰ ਭਾਰਤ ਵਰਗੇ ਲੋਕਤੰਤਰੀ ਦੇਸ਼ ਅੰਦਰ ਮਨੁੱਖ ਦੇ ਜੀਊਣ ਦੇ ਬੁਨਿਆਦੀ ਅਧਿਕਾਰਾਂ ਅਤੇ ਧਰਮ ਦੀ ਆਜ਼ਾਦੀ ਦਾ ਘਾਣ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਤੁਰੰਤ ਇਸ ਦੀ ਉਚ ਪੱਧਰੀ ਜਾਂਚ ਕਰਵਾਉਣ ਦੀ ਅਪੀਲ ਅਤੇ ਸਿੱਖਾਂ ਦੀ ਨੁਮਾਇੰਦਾ ਹੋਣ ਦਾ ਦਾਅਵਾ ਕਰਨ ਵਾਲੀ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਕਿ ਉਹ ਆਪਣੀ ਸਿਆਸੀ ਭਾਈਵਾਲ ਭਾਜਪਾ ਦੀ ਮੱਧ ਪ੍ਰਦੇਸ਼ ਵਿਚਲੀ ਸਰਕਾਰ ਨਾਲ ਤੁਰੰਤ ਗੱਲਬਾਤ ਕਰਕੇ ਯਾਦਵਾਂ ਵਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਜ਼ੁਲਮ ਨੂੰ ਰੁਕਵਾਉਣ ਅਤੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।

Visit Source: ਮੱਧ ਪ੍ਰਦੇਸ਼ ‘ਚ ਸਿੱਖਾਂ ‘ਤੇ ਧਰਮ ਛੱਡਣ ਲਈ ਕੀਤੇ ਜਾ ਰਹੇ ਨੇ ਅੱਤਿਆਚਾਰ

Tuesday, February 5, 2013

ਸੱਜਣ ਕੁਮਾਰ ਖ਼ਿਲਾਫ਼ ਕੇਸ ਦੀ ਜਿਰ੍ਹਾ ਮੁਕੰਮਲ


ਨਵੀਂ ਦਿੱਲੀ (4 ਫਰਵਰੀ, 2013): 
Sajjan-Kumar-
ਸਿੱਖ ਵਿਰੋਧੀ ਕਤਲੇਆਮ ਦੇ ਮੁੱਖ ਮੁਲਜ਼ਮ ਕਾਂਗਰਸ ਆਗੂ ਸੱਜਣ ਕੁਮਾਰ ਅਤੇ ਪੰਜ ਹੋਰਨਾਂ ਖ਼ਿਲਾਫ਼  ਜਿਰ੍ਹਾ ਦੀ ਕਾਰਵਾਈ ਅੱਜ ਪੂਰੀ ਹੋ ਗਈ ਹੈ। ਇਸ ਦੌਰਾਨ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਅਤੇ ਮੁੱਖ ਗਵਾਹਾਂ ਦੇ ਵਿਚਾਰ ਬਾਰੇ ਕਿੰਤੂ ਕੀਤੇ ਅਤੇ ਉਨ੍ਹਾਂ ‘ਤੇ ਵਾਰ-ਵਾਰ ਆਪਣਾ ਸਟੈਂਡ ਬਦਲਣ ਦੇ ਦੋਸ਼ ਲਾਏ। ਸੀਬੀਆਈ ਨੇ ਪਿਛਲੇ ਸਾਲ 31 ਮਾਰਚ ਨੂੰ ਕੇਸ ਵਿਚ ਅੰਤਿਮ ਜਿਰ੍ਹਾ ਦੀ ਕਾਰਵਾਈ ਸ਼ੁਰੂ ਕੀਤੀ ਸੀ। ਦਿੱਲੀ ਹਾਈ ਕੋਰਟ ਨੇ ਫਰਵਰੀ 2010 ਵਿਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਸਾਰੇ ਬਕਾਇਆ ਕੇਸਾਂ ਦੇ ਤੇਜ਼ੀ ਨਾਲ ਨਿਬੇੜੇ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਨੇ ਇਹ ਵੀ ਆਖਿਆ ਸੀ ਕਿ ਇਨ੍ਹਾਂ ਕੇਸਾਂ ਦੀ ਹੇਠਲੀਆਂ ਅਦਾਲਤਾਂ ‘ਚ ਕਾਰਵਾਈ ਛੇ ਮਹੀਨਿਆਂ ਵਿਚ ਪੂਰੀ ਕੀਤੀ ਜਾਵੇ। ਸੱਜਣ ਕੁਮਾਰ ਅਤੇ ਹੋਰਨਾਂ ਮੁਲਜ਼ਮਾਂ ਦੀ ਤਰਫੋਂ ਪੇਸ਼ ਹੋਏ ਐਡਵੋਕੇਟ ਅਨਿਲ ਸ਼ਰਮਾ ਨੇ ਜ਼ਿਲ੍ਹਾ ਜੱਜ ਜੇ ਆਰ ਆਰੀਅਨ ਨੂੰ ਦੱਸਿਆ ਕਿ ਇਹ ਕੇਸ ਤੱਥਾਂ ‘ਤੇ ਆਧਾਰਤ ਨਾ ਹੋਣ ਕਰਕੇ ਇਹ ਕਾਨੂੰਨੀ ਨਜ਼ਰ ਤੋਂ ਟਿਕਾਊ ਵੀ ਨਹੀਂ ਹੈ।

ਜਬਰ-ਜਨਾਹ ਕਰਨ ਵਾਲੇ ਨੂੰ 10 ਸਾਲ ਦੀ ਸਖ਼ਤ ਕੈਦ

ਅੰਮ੍ਰਿਤਸਰ (4 ਫਰਵਰੀ, 2013): 
RApeਵਿਆਹ ਦਾ ਝਾਂਸਾ ਦੇ ਕੇ ਇੱਕ ਨੌਜਵਾਨ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਨੂੰ ਅੰਮ੍ਰਿਤਸਰ ਦੀ ਅਦਾਲਤ ਵੱਲੋਂ 10 ਸਾਲ ਦੀ ਸਖਤ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਵਧੀਕ ਸ਼ੈਸ਼ਨ ਜੱਜ ਸ੍ਰੀਮਤੀ ਨੀਲਮ ਅਰੋੜਾ ਨੇ ਅੱਜ ਇਹ ਫੈਸਲਾ ਸੁਣਾਉਂਦਿਆਂ ਹੁਕਮ ਕੀਤਾ ਹੈ ਕਿ ਜੇਕਰ ਦੋਸ਼ੀ 10 ਹਜਾਰ ਰੁਪਏ ਜੁਰਮਾਨਾ ਜਮਾਂ ਨਹੀਂ ਕਰਾਉਂਦਾ ਤਾਂ ਉਸ ਨੂੰ 6 ਮਹੀਨੇ ਹੋਰ ਜੇਲ੍ਹ ‘ਚ ਰੱਖਿਆ ਜਾਵੇ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਨਿਵਾਸੀ ਰਾਕੇਸ਼ ਕੁਮਾਰ ਪੁੱਤਰ ਨਰਾਇਣ ਦੱਤ ਨਵੰਬਰ 2010 ‘ਚ ਇੱਕ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਇੱਕ ਕਮਰੇ ‘ਚ ਲੈ ਗਿਆ ਸੀ ਅਤੇ 9 ਦਿਨ ਉਸ ਨਾਲ ਉਥੇ ਜਬਰ ਜਨਾਹ ਕਰਦਾ ਰਿਹਾ। ਜਦੋਂ ਉਸਨੇ ਲੜਕੀ ਨਾਲ ਵਿਆਹ ਨਾ ਕਰਾਇਆ ਤਾਂ ਉਸਨੇ ਥਾਣਾ ਸੁਲਤਾਨਵਿੰਡ ਵਿਖੇ ਇਸਦੀ ਸ਼ਕਾਇਤ ਦਰਜ ਕਰਾਈ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋਸ਼ੀ ਰਾਕੇਸ਼ ਕੁਮਾਰ ਖਿਲਾਫ ਮੁਕਦਮਾ ਨੰਬਰ 201 ਮਿਤੀ 20 ਨਵੰਬਰ 2010 ਨੂੰ ਧਾਰਾ 366-ਏ, 376 ਅਤੇ 120-ਬੀ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਸਾਹਮਣੇ ਪੇਸ਼ ਕੀਤਾ ਸੀ। ਵਧੀਕ ਸ਼ੈਸ਼ਨ ਜੱਜ ਸ੍ਰੀਮਤੀ ਨੀਲਮ ਅਰੋੜਾ ਵੱਲੋਂ ਸਾਰੇ ਸਬੂਤਾਂ ਤੇ ਗਵਾਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰਾਕੇਸ਼ ਕੁਮਾਰ ਨੂੰ ਦੋਸ਼ੀ ਮੰਨਦਿਆਂ ਅੱਜ ਉਸਨੂੰ 10 ਸਾਲ ਦੀ ਸਖਤ ਸਜ਼ਾ ਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
Source: ਜਬਰ-ਜਨਾਹ ਕਰਨ ਵਾਲੇ ਨੂੰ 10 ਸਾਲ ਦੀ ਸਖ਼ਤ ਕੈਦ